Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ

ਇੰਜੀਲਾਂ ਨਾਲ-ਨਾਲ · ਗਲੀਲ ਵਿੱਚ

ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਅਸ਼ੁੱਧ ਆਤਮਾ

ਮਰਕੁ 1:21–28 · ਲੂਕਾ 4:31–37

ਮਰਕੁਸ

ਮਰਕੁ 1:21–28

21ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।

22ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।

23ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,

24ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!

25ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!

26ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।

27ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।

28ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।

ਲੂਕਾ

ਲੂਕਾ 4:31–37

31ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ।

32ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ।

33ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,

34ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।

35ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।

36ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।

37ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ