Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਜੀ ਉੱਠਣਾ

ਇੰਜੀਲਾਂ ਨਾਲ-ਨਾਲ · ਜੀ ਉੱਠਣਾ

ਖਾਲੀ ਕਬਰ

ਮੱਤੀ 28:1–10 · ਮਰਕੁ 16:1–8 · ਲੂਕਾ 24:1–12 · ਯੂਹ 20:1–10

ਮੱਤੀ

ਮੱਤੀ 28:1–10

1ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ।

2ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।

3ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ।

4ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ।

5ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ।

6ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ।

7ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।

8ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।

9ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।

10ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।

ਮਰਕੁਸ

ਮਰਕੁ 16:1–8

1ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ।

2ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ।

3ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ?

4ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ।

5ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ।

6ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।

7ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।

8ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।

ਲੂਕਾ

ਲੂਕਾ 24:1–12

1ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ।

2ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ।

3ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ।

4ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ।

5ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ?

6ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,

7ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।

8ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ।

9ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ।

10ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ।

11ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ।

12ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।

ਯੂਹੰਨਾ

ਯੂਹ 20:1–10

1ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ।

2ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”

3ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ।

4ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ।

5ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ।

6ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ।

7ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ।

8ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ।

9ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।

10ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ