Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਦੇ ਰਾਹ ਵਿੱਚ

ਇੰਜੀਲਾਂ ਨਾਲ-ਨਾਲ · ਯਰੂਸ਼ਲਮ ਦੇ ਰਾਹ ਵਿੱਚ

ਯਾਕੂਬ ਅਤੇ ਯੂਹੰਨਾ ਦੀ ਬੇਨਤੀ

ਮੱਤੀ 20:20–28 · ਮਰਕੁ 10:35–45

ਮੱਤੀ

ਮੱਤੀ 20:20–28

20ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ।

21ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ।

22ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ।

23ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ।

24ਅਤੇ ਜਦ ਦਸਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੋਹਾਂ ਭਰਾਵਾਂ ਉੱਤੇ ਖਿਝ ਗਏ।

25ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ।

26ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ।

27ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ।

28ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।

ਮਰਕੁਸ

ਮਰਕੁ 10:35–45

35ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।

36ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?

37ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ।

38ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?

39ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ।

40ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ।

41ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ।

42ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।

43ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ।

44ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ।

45ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ