Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਅਰੰਭ

ਇੰਜੀਲਾਂ ਨਾਲ-ਨਾਲ · ਅਰੰਭ

ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਪਰਚਾਰ

ਮੱਤੀ 3:1–12 · ਮਰਕੁ 1:1–8 · ਲੂਕਾ 3:1–18 · ਯੂਹ 1:19–28

ਮੱਤੀ

ਮੱਤੀ 3:1–12

1ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,

2ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।

3ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।

4ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ।

5ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।

6ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।

7ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”

8ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।

9ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।

10ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।

11ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

12ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

ਮਰਕੁਸ

ਮਰਕੁ 1:1–8

1ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ।

2ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,

3ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ।

4ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।

5ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।

6ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।

7ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ।

8ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।

ਲੂਕਾ

ਲੂਕਾ 3:1–18

1ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।

2ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।

3ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।

4ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”।

5ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ,

6ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।

7ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”

8ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।

9ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।

10ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ?

11ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।

12ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?

13ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।

14ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।

15ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?

16ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

17ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

18ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।

ਯੂਹੰਨਾ

ਯੂਹ 1:19–28

19ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”

20ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”

21ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ,।”

22ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”

23ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।”

24ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।

25ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”

26ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ।

27ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”

28ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ