Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ

ਇੰਜੀਲਾਂ ਨਾਲ-ਨਾਲ · ਗਲੀਲ ਵਿੱਚ

ਕੈਦ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਵਾਲ

ਮੱਤੀ 11:2–19 · ਲੂਕਾ 7:18–35

ਮੱਤੀ

ਮੱਤੀ 11:2–19

2ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,

3ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?

4ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ,

5ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।

6ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।

7ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?

8ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਮਹੀਨ ਬਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਉਹ ਜਿਹੜੇ ਕੋਮਲ ਬਸਤਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ।

9ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।

10ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ; ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।

11ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।

12ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।

13ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ।

14ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ।

15ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।

16ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,

17ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਾ ਨੱਚੇ। ਅਸੀਂ ਸਿਆਪਾ ਕੀਤਾ, ਪਰ ਤੁਸੀਂ ਵਿਰਲਾਪ ਨਾ ਕੀਤਾ।

18ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।

19ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!

ਲੂਕਾ

ਲੂਕਾ 7:18–35

18ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ।

19ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ।

20ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?

21ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ।

22ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।

23ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।

24ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?

25ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।

26ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।

27ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।

28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।

29ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ।

30ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।

31ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?

32ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ।

33ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।

34ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!

35ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ!

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ