Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼

ਇੰਜੀਲਾਂ ਨਾਲ-ਨਾਲ · ਉਪਦੇਸ਼

ਆਪਣੇ ਵੈਰੀਆਂ ਨਾਲ ਪਿਆਰ ਕਰੋ

ਮੱਤੀ 5:38–48 · ਲੂਕਾ 6:27–36

ਮੱਤੀ

ਮੱਤੀ 5:38–48

38ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।

39ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।

40ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ।

41ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।

42ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।

43ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ।

44ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।

45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।

46ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?

47ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ?

48ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।

ਲੂਕਾ

ਲੂਕਾ 6:27–36

27ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।

28ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।

29ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।

30ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।

31ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।

32ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?

33ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?

34ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ।

35ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।

36ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ