Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ

ਇੰਜੀਲਾਂ ਨਾਲ-ਨਾਲ · ਗਲੀਲ ਵਿੱਚ

ਨਾਸਰਤ ਵਿੱਚ ਯਿਸੂ ਦਾ ਨਿਰਾਦਰ

ਮੱਤੀ 13:53–58 · ਮਰਕੁ 6:1–6 · ਲੂਕਾ 4:16–30

ਮੱਤੀ

ਮੱਤੀ 13:53–58

53ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਨੇ ਇਹਨਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ।

54ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?

55ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?

56ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?

57ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।

58ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।

ਮਰਕੁਸ

ਮਰਕੁ 6:1–6

1ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ।

2ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?

3ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।

4ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ।

5ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।

6ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।

ਲੂਕਾ

ਲੂਕਾ 4:16–30

16ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ।

17ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ -

18ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।

19ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ।

20ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ।

21ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ।

22ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?

23ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।

24ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ।

25ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।

26ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।

27ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।

28ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ।

29ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।

30ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ