16ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ?
17ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ।
18ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।
19ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
20ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ?
21ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।
22ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ।
23ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
24ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।
25ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
26ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
27ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ?
28ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
29ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।
30ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।