Bible Explorer ਐਪ ਲਓ

ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਸੁਲੇਮਾਨ

ਰਾਜੇ ਅਤੇ ਇਤਿਹਾਸ ਨਾਲ-ਨਾਲ · ਸੁਲੇਮਾਨ

ਸੰਦੂਕ ਭਵਨ ਵਿੱਚ ਲਿਆਂਦਾ ਜਾਂਦਾ ਹੈ

1 ਰਾਜਾ 8:1–11 · 2 ਇਤ 5:2–14

1 ਰਾਜਿਆਂ

1 ਰਾਜਾ 8:1–11

1ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪ੍ਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ, ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ, ਉਤਾਹਾਂ ਲੈ ਆਉਣ।

2ਇਸਰਾਏਲ ਦੇ ਸਾਰੇ ਮਨੁੱਖ ਸੁਲੇਮਾਨ ਪਾਤਸ਼ਾਹ ਕੋਲ ਏਥਾਨੀਮ ਮਹੀਨੇ ਦੇ ਪਰਬ ਉੱਤੇ ਜਿਹੜਾ ਸੱਤਵੇਂ ਮਹੀਨੇ ਵਿੱਚ ਹੁੰਦਾ ਹੈ ਇਕੱਠੇ ਹੋਏ।

3ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਸੰਦੂਕ ਨੂੰ ਜਾਜਕਾਂ ਨੇ ਚੁੱਕਿਆ।

4ਉਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਇਸ ਤਰ੍ਹਾਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ।

5ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।

6ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ।

7ਕਿਉਂ ਜੋ ਕਰੂਬੀਆਂ ਨੇ ਆਪਣੇ ਦੋਵੇਂ ਖੰਭ ਸੰਦੂਕ ਦੇ ਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀਆਂ ਨੇ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਢੱਕਿਆ ਹੋਇਆ ਸੀ।

8ਉਨ੍ਹਾਂ ਨੇ ਚੋਬਾਂ ਨੂੰ ਇਨ੍ਹਾਂ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੋਂ ਪਵਿੱਤਰ ਸਥਾਨ ਤੋਂ ਦਿਸਦੇ ਸਨ ਪਰ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ।

9ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ।

10ਇਸ ਤਰ੍ਹਾਂ ਹੋਇਆ ਕਿ ਜਦ ਜਾਜਕ ਪਵਿੱਤਰ ਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ

11ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।

2 ਇਤਿਹਾਸ

2 ਇਤ 5:2–14

2ਤਦ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਗੋਤਾਂ ਦੇ ਸਾਰੇ ਮੁਖੀਆਂ ਅਤੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਸ਼ਹਿਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠੇ ਕੀਤਾ ਕਿ ਉਹ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ,

3ਤਾਂ ਇਸਰਾਏਲ ਦੇ ਸਾਰੇ ਮਨੁੱਖ ਸੱਤਵੇਂ ਮਹੀਨੇ ਪਰਬ ਦੇ ਲਈ ਪਾਤਸ਼ਾਹ ਕੋਲ ਇਕੱਠੇ ਹੋਏ

4ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਲੇਵੀਆਂ ਨੇ ਸੰਦੂਕ ਨੂੰ ਚੁੱਕਿਆ ਹੋਇਆ ਸੀ।

5ਉਹ ਸੰਦੂਕ ਅਤੇ ਮੰਡਲੀ ਦਾ ਤੰਬੂ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਉਸ ਤੰਬੂ ਵਿੱਚ ਸਨ ਲੈ ਆਏ। ਜਾਜਕ ਤੇ ਲੇਵੀ ਇਹਨਾਂ ਨੂੰ ਲਿਆਏ

6ਅਤੇ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।

7ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ।

8ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਤੇ ਇਸ ਤਰ੍ਹਾਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ।

9ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਤੇ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋਂ ਬਾਹਰ ਦਿਸਦੇ ਸਨ ਪਰ ਉਹ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ

10ਸੰਦੂਕ ਵਿੱਚ ਕੁਝ ਨਹੀਂ ਸੀ ਬਿਨ੍ਹਾਂ ਦੋ ਫੱਟੀਆਂ ਦੇ, ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨਿਆ ਸੀ।

11ਇਸ ਤਰ੍ਹਾਂ ਹੋਇਆ ਕਿ ਜਾਜਕ ਪਵਿੱਤਰ ਸਥਾਨ ਤੋਂ ਬਾਹਰ ਨਿੱਕਲੇ। ਉਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਉਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ

12ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ਼ ਅਤੇ ਹੇਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜ਼ਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ

13ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜ਼ਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ

14ਅਤੇ ਜਾਜਕ ਬੱਦਲ ਕਰਕੇ ਉਪਾਸਨਾ ਲਈ ਖੜ੍ਹੇ ਨਾ ਰਹਿ ਸਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ