Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 26

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਅਕਤੂਬਰ 2026

ਸੋਮਵਾਰ · ਆਮ ਸਮੇਂ ਦਾ 30ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 30ਵੇਂ ਹਫ਼ਤੇ ਦਾ ਸੋਮਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਅਫ਼ 4:32–5:8

32ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ। 5:1ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ। 2ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ। 3ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ। 4ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ। 5ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ। 6ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। 7ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ। 8ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।

ਜਵਾਬੀ ਭਜਨ

ਜ਼ਬੂ 1:1–4, 6

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! 2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। 3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। 4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। 6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਇੰਜੀਲ

ਲੂਕਾ 13:10–17

10ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ। 11ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ। 12ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ। 13ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ। 14ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ। 15ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ? 16ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ? 17ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ