Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 31

ਆਰਥੋਡਾਕਸ ਕੈਲੰਡਰ · 18 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 31 ਅਕਤੂਬਰ 2026

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 22ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Holy Apostle and Evangelist Luke (1st C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

1 ਯੂਹ 1:1–7

1ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ, 2ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। 3ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ। 4ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ। 5ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ। 6ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। 7ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਯਾਕੂ 1:1–12

1ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ। 2ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। 3ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। 4ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ। 5ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ। 6ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ। 7ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ। 8ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ। 9ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ, 10ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ। 11ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ। 12ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਯਹੂ 1:1–7, 17–25

1ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ, 2ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ। 3ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ। 4ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ। 5ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ। 6ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। 7ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। 17ਪਰ ਤੁਸੀਂ ਹੇ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ। 18ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ। 19ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ। 20ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ। 21ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ। 22ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ। 23ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ। 24ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ। 25ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ।

ਸਵੇਰ ਦੀ ਪ੍ਰਾਰਥਨਾ: ਇੰਜੀਲ

ਯੂਹ 21:15–25

15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” 16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” 17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ। 18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” 20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।

ਪੱਤ੍ਰੀ

2 ਕੁਰਿੰਥੀ 5:1–10

1ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ। 2ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ। 3ਤਾਂ ਜੋ ਅਸੀਂ ਇਸ ਨੂੰ ਪਹਿਨ ਕੇ ਨੰਗੇ ਨਾ ਪਾਏ ਜਾਈਏ। 4ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ। 5ਅਤੇ ਜਿਸ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਸ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ ਹੈ। 6ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀਂ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ। 7ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ। 8ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ। 9ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ। 10ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।

ਪੱਤ੍ਰੀ (ਸੰਤ ਲੂਕਾ ਲਈ)

ਕੁਲੁੱ 4:5–9, 14, 18

5ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ। 6ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ। 7ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ। 8ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਹੈ ਜੋ ਤੁਸੀਂ ਸਾਡਾ ਹਾਲ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲੀ ਦੇਵੇ। 9ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ। ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ। 14ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡਾ ਹਾਲ ਚਾਲ ਪੁੱਛਦੇ ਹਨ। 18ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।

ਇੰਜੀਲ

ਲੂਕਾ 6:1–10

1ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ। 2ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ? 3ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ? 4ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ? 5ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ। 6ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ। 7ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ। 8ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ। 9ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?। 10ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।

ਇੰਜੀਲ (ਸੰਤ ਲੂਕਾ ਲਈ)

ਲੂਕਾ 10:16–21

16ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ। 17ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ! 18ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ। 19ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ। 20ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। 21ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 18 ਸਿਵਲ ਕੈਲੰਡਰ ਦਾ ਅਕਤੂਬਰ 31 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ