Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 1

ਆਰਥੋਡਾਕਸ ਕੈਲੰਡਰ · 19 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 1 ਨਵੰਬਰ 2026

ਐਤਵਾਰ · ਸੁਰ 5

ਤਿਉਹਾਰ ਅਤੇ ਸੰਤ

ਪੰਤੇਕੁਸਤ ਤੋਂ ਬਾਅਦ 22ਵਾਂ ਐਤਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸਵੇਰ ਦੀ ਪ੍ਰਾਰਥਨਾ ਦੀ 11ਵੀਂ ਇੰਜੀਲ

ਯੂਹ 21:15–25

15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” 16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” 17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ। 18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” 20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।

ਪੱਤ੍ਰੀ

ਗਲਾ 6:11–18

11ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ। 12ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ। 13ਕਿਉਂਕਿ ਜਿਹੜੇ ਸੁੰਨਤੀ ਹਨ ਉਹ ਆਪ ਵੀ ਬਿਵਸਥਾ ਦੀ ਪਾਲਨਾ ਨਹੀਂ ਕਰਦੇ ਪਰ ਉਹ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਘਮੰਡ ਕਰਨ। 14ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ। 15ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ, ਸਗੋਂ ਨਵੀਂ ਸਰਿਸ਼ਟ। 16ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ। 17ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ। 18ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।

ਇੰਜੀਲ

ਲੂਕਾ 8:5–15

5ਕਿ ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ। 6ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੋ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ। 7ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਅਤੇ ਕੰਡਿਆਲੀਆਂ ਝਾੜੀਆਂ ਨੇ ਨਾਲ ਹੀ ਵੱਧ ਕੇ ਉਹਨਾਂ ਨੂੰ ਦਬਾ ਲਿਆ। 8ਅਤੇ ਕੁਝ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਉੱਗ ਕੇ ਸੌ ਗੁਣਾ ਫਲ ਦਿੱਤਾ। ਉਹ ਇਹ ਗੱਲਾਂ ਕਹਿ ਕੇ ਉੱਚੀ ਆਵਾਜ਼ ਵਿੱਚ ਬੋਲਿਆ ਕਿ ਜਿਸ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ! 9ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ? 10ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ। 11ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ। 12ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ। 13ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ। 14ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ। 15ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 19 ਸਿਵਲ ਕੈਲੰਡਰ ਦਾ ਨਵੰਬਰ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ