ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 3
ਆਰਥੋਡਾਕਸ ਕੈਲੰਡਰ · 21 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 3 ਜਨਵਰੀ 2027
ਐਤਵਾਰ · ਸੁਰ 6
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ 31ਵਾਂ ਐਤਵਾਰ
ਜਨਮ-ਤਿਉਹਾਰ ਤੋਂ ਪਹਿਲਾਂ ਦਾ ਐਤਵਾਰ
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
14ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ। 15ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ। 16ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ। 17ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ। 18ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ। 19ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਨ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ। 20ਅਤੇ ਮੁਬਾਰਕ ਹੈ ਅੱਤ ਮਹਾਨ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ।
ਸ਼ਾਮ ਦੀ ਪ੍ਰਾਰਥਨਾ: ਪਾਠ
8ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।” 9ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ, 10ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇਸ ਹੱਦ ਤੱਕ ਵਧਾਇਆ ਹੈ ਕਿ ਵੇਖੋ, ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗੂੰ ਹੋ ਗਏ ਹੋ। 11ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ, ਜਿਵੇਂ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ। 15ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ। 16ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ। 17ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”
ਸ਼ਾਮ ਦੀ ਪ੍ਰਾਰਥਨਾ: ਪਾਠ
14ਵੇਖੋ, ਅਕਾਸ਼ ਸਗੋਂ ਅਕਾਸ਼ਾਂ ਦਾ ਅਕਾਸ਼ ਅਤੇ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ, ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਹੈ। 15ਸਿਰਫ਼ ਤੁਹਾਡੇ ਪੁਰਖਿਆਂ ਨਾਲ ਪ੍ਰਸੰਨ ਹੋ ਕੇ ਯਹੋਵਾਹ ਉਨ੍ਹਾਂ ਨਾਲ ਪ੍ਰੇਮ ਕਰਦਾ ਸੀ ਅਤੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਅਰਥਾਤ ਤੁਹਾਨੂੰ ਸਾਰੇ ਲੋਕਾਂ ਵਿੱਚੋਂ ਚੁਣ ਲਿਆ, ਜਿਵੇਂ ਅੱਜ ਦੇ ਦਿਨ ਹੈ। 16ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ, 17ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ। 18ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ। 19ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ। 20ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ। 21ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ।
ਸਵੇਰ ਦੀ ਪ੍ਰਾਰਥਨਾ ਦੀ 9ਵੀਂ ਇੰਜੀਲ
19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ। 21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।” 22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ। 23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।” 24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।” 26ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 27ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” 28ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।” 29ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।” 30ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। 31ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
ਪੱਤ੍ਰੀ (ਮਸੀਹ ਦੇ ਜਨਮ ਤੋਂ ਪਹਿਲਾਂ ਦੇ ਐਤਵਾਰ ਲਈ)
9ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ। 10ਕਿਉਂ ਜੋ ਉਹ ਉਸ ਨਗਰ ਦੀ ਉਡੀਕ ਕਰਦਾ ਸੀ ਜਿਸ ਦੀਆਂ ਨੀਹਾਂ ਹਨ ਅਤੇ ਜਿਸ ਦਾ ਕਾਰੀਗਰ ਅਤੇ ਬਣਾਉਣ ਵਾਲਾ ਪਰਮੇਸ਼ੁਰ ਹੈ। 17ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ। ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ। 18ਅਤੇ ਜਿਸ ਨੂੰ ਇਹ ਆਖਿਆ ਗਿਆ ਕਿ ਇਸਹਾਕ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ। 19ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ। 20ਵਿਸ਼ਵਾਸ ਨਾਲ ਹੀ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਬਾਰੇ ਵੀ ਯਾਕੂਬ ਅਤੇ ਏਸਾਉ ਨੂੰ ਬਰਕਤ ਦਿੱਤੀ। 21ਵਿਸ਼ਵਾਸ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ। 22ਵਿਸ਼ਵਾਸ ਨਾਲ ਯੂਸੁਫ਼ ਨੇ ਆਪਣੇ ਅੰਤ ਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਬਾਰੇ ਹੁਕਮ ਦਿੱਤਾ। 23ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ। 32ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ। 33ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ, 34ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ। 35ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ। 36ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ। 37ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, - 38ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ। 39ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ। 40ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ।
ਇੰਜੀਲ (ਮਸੀਹ ਦੇ ਜਨਮ ਤੋਂ ਪਹਿਲਾਂ ਦੇ ਐਤਵਾਰ ਲਈ)
1ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ। 2ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ। 3ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ। 4ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ। 5ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ। 6ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ। 7ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ। 8ਆਸਾ ਤੋਂ ਯਹੋਸ਼ਾਫ਼ਾਤ ਜੰਮਿਆ ਅਤੇ ਯਹੋਸ਼ਾਫ਼ਾਤ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ। 9ਉੱਜ਼ੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ। 10ਹਿਜ਼ਕੀਯਾਹ ਤੋਂ ਮਨੱਸ਼ਹ ਜੰਮਿਆ ਅਤੇ ਮਨੱਸ਼ਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ। 11ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ। 12ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ। 13ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ। 14ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ। 15ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ। 16ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ। 17ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ ਹਨ ਅਤੇ ਦਾਊਦ ਤੋਂ ਲੈ ਕੇ ਬਾਬੁਲ ਵੱਲ ਜਾਣ ਤੱਕ ਚੌਦਾਂ ਪੀੜ੍ਹੀਆਂ ਹਨ ਅਤੇ ਬਾਬੁਲ ਵੱਲ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹਨ। 18ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। 19ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ। 20ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। 21ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। 22ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, 23ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”। 24ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ। 25ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 21 ਸਿਵਲ ਕੈਲੰਡਰ ਦਾ ਜਨਵਰੀ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ