Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 5

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਜਨਵਰੀ 2027

ਮੰਗਲਵਾਰ · ਕ੍ਰਿਸਮਸ ਸਮਾਂ

ਤਿਉਹਾਰ ਅਤੇ ਸੰਤ

5 ਜਨਵਰੀ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

1 ਯੂਹ 3:11–21

11ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ। 12ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ। 13ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ। 14ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ। 15ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ। 16ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ। 17ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? 18ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ। 19ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ। 20ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ। 21ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ।

ਜਵਾਬੀ ਭਜਨ

ਜ਼ਬੂ 100:1–5

1ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ, 2ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ। 3ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ। 4ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। 5ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।

ਇੰਜੀਲ

ਯੂਹ 1:43–51

43ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।” 44ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ। 45ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।” 46ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ” 47ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।” 48ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।” 49ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।” 50ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!” 51ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ