ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 9
ਆਰਥੋਡਾਕਸ ਕੈਲੰਡਰ · 27 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 9 ਜਨਵਰੀ 2027
ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 32ਵਾਂ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
ਜਨਮ-ਤਿਉਹਾਰ ਤੋਂ ਬਾਅਦ ਦਾ ਸ਼ਨੀਵਾਰ
ਕ੍ਰਿਸਮਸ ਦੇ ਦਿਨ (ਸਵਿਆਤਕੀ)
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ (ਮਸੀਹ ਦੇ ਜਨਮ ਤੋਂ ਬਾਅਦ ਦੇ ਸ਼ਨੀਵਾਰ ਲਈ)
11ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ। 12ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ। 13ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ। 14ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ। 15ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ। 16ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।
ਪੱਤ੍ਰੀ
14ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ। 15ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ। 16ਸਦਾ ਅਨੰਦ ਰਹੋ। 17ਹਰ ਰੋਜ਼ ਪ੍ਰਾਰਥਨਾ ਕਰੋ। 18ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ। 19ਆਤਮਾ ਨੂੰ ਨਾ ਬੁਝਾਓ। 20ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ। 21ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ। 22ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ। 23ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।
ਪੱਤ੍ਰੀ (ਸੰਤ ਇਸਤੀਫ਼ਾਨ ਲਈ)
8ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ। 9ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। 10ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ। 11ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ। 12ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ। 13ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ। 14ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ। 15ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ। 7:1ਪ੍ਰਧਾਨ ਜਾਜਕ ਨੇ ਪੁੱਛਿਆ, ਕੀ ਇਹ ਗੱਲਾਂ ਇਸ ਤਰ੍ਹਾਂ ਹੀ ਹਨ? 2ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ। 3ਅਤੇ ਉਹ ਨੂੰ ਆਖਿਆ, ਤੂੰ ਆਪਣੇ ਦੇਸ਼ ਅਤੇ ਆਪਣੇ ਰਿਸ਼ਤੇਦਾਰਾਂ ਵਿੱਚੋਂ ਨਿੱਕਲ ਕੇ ਉਸ ਦੇਸ਼ ਵਿੱਚ ਜਿਹੜਾ ਮੈਂ ਤੈਨੂੰ ਵਿਖਾਵਾਂਗਾ ਚੱਲਿਆ ਜਾ। 4ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ। 5ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ। 47ਪਰ ਸੁਲੇਮਾਨ ਨੇ ਹੀ ਉਹ ਦੇ ਲਈ ਇੱਕ ਭਵਨ ਬਣਾਇਆ। 48ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ, 49ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ? 50ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ? 51ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ। 52ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ। 53ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ। 54ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ। 55ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ। 56ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ! 57ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ। 58ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ। 59ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ! 60ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ।
ਇੰਜੀਲ (ਮਸੀਹ ਦੇ ਜਨਮ ਤੋਂ ਬਾਅਦ ਦੇ ਸ਼ਨੀਵਾਰ ਲਈ)
15ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ। 16ਅਤੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਕਿ ਮੈਨੂੰ ਉਜਾਗਰ ਨਾ ਕਰਨਾ। 17ਤਾਂ ਜੋ ਉਹ ਬਚਨ ਜਿਹੜਾ ਯਸਾਯਾਹ ਨਬੀ ਨੇ ਆਖਿਆ ਸੀ ਪੂਰਾ ਹੋਵੇ: 18ਵੇਖੋ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ। 19ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਕੋਈ ਉਹ ਦੀ ਅਵਾਜ਼ ਸੁਣੇਗਾ। 20ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਜਦ ਤੱਕ ਨਿਆਂ ਦੀ ਜਿੱਤ ਨਾ ਕਰਾ ਦੇਵੇ, 21ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ।
ਇੰਜੀਲ
10ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ। 11ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?। 12ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ? 13ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ। 14ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ। 15ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
ਇੰਜੀਲ (ਸੰਤ ਇਸਤੀਫ਼ਾਨ ਲਈ)
33ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ। 34ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ। 35ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ। 36ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ। 37ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ। 38ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ। 39ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ। 40ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ? 41ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ। 42ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 27 ਸਿਵਲ ਕੈਲੰਡਰ ਦਾ ਜਨਵਰੀ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ