ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 17
ਆਰਥੋਡਾਕਸ ਕੈਲੰਡਰ · 4 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 17 ਜਨਵਰੀ 2027
ਐਤਵਾਰ · ਸੁਰ 8
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ 33ਵਾਂ ਐਤਵਾਰ
ਥਿਓਫ਼ਨੀ ਤੋਂ ਪਹਿਲਾਂ ਦਾ ਐਤਵਾਰ
ਕ੍ਰਿਸਮਸ ਦੇ ਦਿਨ (ਸਵਿਆਤਕੀ)
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ 11ਵੀਂ ਇੰਜੀਲ
15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” 16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” 17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ। 18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” 20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।
ਪੱਤ੍ਰੀ (ਥਿਓਫ਼ਨੀ ਤੋਂ ਪਹਿਲਾਂ ਦੇ ਐਤਵਾਰ ਲਈ)
5ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ। 6ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ। 7ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ। 8ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।
ਇੰਜੀਲ (ਥਿਓਫ਼ਨੀ ਤੋਂ ਪਹਿਲਾਂ ਦੇ ਐਤਵਾਰ ਲਈ)
1ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ। 2ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ, 3ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ। 4ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ। 5ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। 6ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ। 7ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ। 8ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 4 ਸਿਵਲ ਕੈਲੰਡਰ ਦਾ ਜਨਵਰੀ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ