ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 27
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਜਨਵਰੀ 2027
ਬੁੱਧਵਾਰ · ਆਮ ਸਮੇਂ ਦਾ ਤੀਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਤੀਜੇ ਹਫ਼ਤੇ ਦਾ ਬੁੱਧਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਐਂਜੇਲਾ ਮੇਰੀਚੀ, ਕੁਆਰੀ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
11ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਸੇਵਾ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ-ਵਾਰ ਚੜ੍ਹਾਉਂਦਾ ਹੈ। 12ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। 13ਅਤੇ ਇਸ ਤੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ। 14ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ। 15ਅਤੇ ਪਵਿੱਤਰ ਆਤਮਾ ਵੀ ਸਾਨੂੰ ਗਵਾਹੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ, 16ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ, 17ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ। 18ਇਸ ਲਈ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।
ਜਵਾਬੀ ਭਜਨ
1ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ। 2ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ। 3ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ। 4ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
ਇੰਜੀਲ
1ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ। 2ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ, 3ਸੁਣੋ! ਵੇਖੋ, ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ। 4ਅਤੇ ਇਸ ਤਰ੍ਹਾਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਰਾਹ ਦੇ ਕੰਢੇ ਡਿੱਗ ਪਏ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ। 5ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ। 6ਅਤੇ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ। 7ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ। 8ਪਰ ਜਿਹੜਾ ਚੰਗੀ ਜ਼ਮੀਨ ਵਿੱਚ ਡਿੱਗਿਆ ਉਹ ਉੱਗਦਿਆਂ ਸਾਰ ਵਧਿਆ ਅਤੇ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਫਲ ਦਿੱਤਾ। 9ਫੇਰ ਉਹ ਨੇ ਕਿਹਾ, ਜਿਹ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ। 10ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ। 11ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ, 12ਉਹ ਵੇਖਦੇ ਹੋਏ ਵੇਖਣ ਤਾਂ ਸਹੀ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ। 13ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਗੇ? 14ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ। 15ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ। 16ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ। 17ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ। 18ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ 19ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ। 20ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ।
ਅੱਜ ਦੇ ਸੰਤ
- ਸੰਤ ਐਂਜੇਲਾ ਮੇਰੀਚੀ, ਕੁਆਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ