Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 28

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 28 ਫ਼ਰਵਰੀ 2027

ਐਤਵਾਰ · ਚਾਲੀਸੇ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦਾ ਤੀਜਾ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਕੂਚ 20:1–17

1ਫਿਰ ਪਰਮੇਸ਼ੁਰ ਇਹ ਸਾਰੀਆਂ ਗੱਲਾਂ ਬੋਲਿਆ ਕਿ 2ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ। 3ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ। 4ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ। 5ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ। 6ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ। 7ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ। 8ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ। 9ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ 10ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ। 11ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ। 12ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ। 13ਤੂੰ ਖ਼ੂਨ ਨਾ ਕਰ। 14ਤੂੰ ਵਿਭਚਾਰ ਨਾ ਕਰ। 15ਤੂੰ ਚੋਰੀ ਨਾ ਕਰ। 16ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ। 17ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।

ਜਵਾਬੀ ਭਜਨ

ਜ਼ਬੂ 19:7–10

7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ। 8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ। 9ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ। 10ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।

ਦੂਜਾ ਪਾਠ

1 ਕੁਰਿੰਥੀ 1:22–25

22ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। 23ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। 24ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ। 25ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।

ਇੰਜੀਲ

ਯੂਹ 2:13–25

13ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ। 14ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ। 15ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ। 16ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।” 17ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।” 18ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।” 19ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।” 20ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?” 21ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ। 22ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ। 23ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ। 24ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ। 25ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ