Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 3

ਆਰਥੋਡਾਕਸ ਕੈਲੰਡਰ · 18 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 3 ਮਾਰਚ 2027

ਬੁੱਧਵਾਰ · ਮਾਸ ਛੱਡਣ ਦਾ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

ਮਾਸ ਛੱਡਣ ਦੇ ਹਫ਼ਤੇ ਦਾ ਬੁੱਧਵਾਰ

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਯੂਹ 3:21–4:6

21ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ। 22ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ। 23ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ। 24ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ। 4:1ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ। 2ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ। 3ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ। 4ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ। 5ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ। 6ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।

ਇੰਜੀਲ

ਮਰਕੁ 14:43–15:1

43ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ। 44ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ, ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ। ਉਹ ਨੂੰ ਫੜ੍ਹ ਕੇ ਤਕੜਾਈ ਨਾਲ ਲੈ ਜਾਣਾ! 45ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਗੁਰੂ ਜੀ! ਅਤੇ ਉਹ ਨੂੰ ਚੁੰਮਿਆ। 46ਤਦ ਉਨ੍ਹਾਂ ਉਸ ਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ। 47ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਕੱਢ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ। 48ਤਦ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਆਖਿਆ ਕਿ ਤਲਵਾਰਾਂ ਅਤੇ ਡਾਂਗਾਂ ਫੜ੍ਹੀ ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? 49ਮੈਂ ਰੋਜ਼ ਹੈਕਲ ਵਿੱਚ ਤੁਹਾਡੇ ਕੋਲ ਹੁੰਦਾ ਅਤੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ, ਪਰ ਇਹ ਇਸ ਲਈ ਹੋਇਆ ਜੋ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਪੂਰੀਆਂ ਹੋਣ। 50ਅਤੇ ਸੱਭੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ। 51ਇੱਕ ਜੁਆਨ ਜਿਸ ਨੇ ਚਾਦਰ ਆਪਣੇ ਨੰਗੇ ਪਿੰਡੇ ਉੱਤੇ ਪਾਈ ਹੋਈ ਸੀ, ਉਹ ਦੇ ਮਗਰ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਫੜ ਲਿਆ। 52ਪਰ ਉਹ ਕੱਪੜਾ ਛੱਡ ਕੇ ਨੰਗਾ ਭੱਜ ਗਿਆ। 53ਤਦ ਉਹ ਯਿਸੂ ਨੂੰ ਪ੍ਰਧਾਨ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਮੁੱਖ ਜਾਜਕ ਅਤੇ ਬਜ਼ੁਰਗ ਅਤੇ ਉਪਦੇਸ਼ਕ ਇਕੱਠੇ ਹੋਏ। 54ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਦੇ ਅੰਦਰ ਤੱਕ ਚੱਲਿਆ ਗਿਆ ਅਤੇ ਸਿਪਾਹੀਆਂ ਦੇ ਨਾਲ ਬੈਠ ਕੇ ਅੱਗ ਸੇਕਣ ਲੱਗਾ। 55ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ। 56ਬਹੁਤਿਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ। 57ਤਦ ਕਈਆਂ ਨੇ ਉੱਠ ਕੇ ਉਹ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ 58ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ। 59ਤਾਂ ਵੀ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ। 60ਤਦ ਪ੍ਰਧਾਨ ਜਾਜਕ ਵਿਚਾਲੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ? 61ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ? 62ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ। 63ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ? 64ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ। 65ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ। 66ਜਾਂ ਪਤਰਸ ਹੇਠਾਂ ਵਿਹੜੇ ਵਿੱਚ ਸੀ ਪ੍ਰਧਾਨ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ। 67ਅਤੇ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ। 68ਪਰ ਉਹ ਮੁੱਕਰ ਕੇਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਜੋ ਤੂੰ ਕੀ ਆਖਦੀ ਹਾਂ, ਅਤੇ ਉਹ ਬਾਹਰ ਡਿਉੜੀ ਵਿੱਚ ਚੱਲਿਆ ਗਿਆ। 69ਤਾਂ ਗੋਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ। 70ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜ੍ਹੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ-ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ। 71ਪਰ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ। 72ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ। 15:1ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 18 ਸਿਵਲ ਕੈਲੰਡਰ ਦਾ ਮਾਰਚ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ