Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 15

ਆਰਥੋਡਾਕਸ ਕੈਲੰਡਰ · 2 ਮਾਰਚ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 15 ਮਾਰਚ 2027

ਸੋਮਵਾਰ · ਵੱਡੇ ਚਾਲੀਸੇ ਦਾ ਪਹਿਲਾ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

ਵੱਡੇ ਚਾਲੀਸੇ ਦੀ ਸ਼ੁਰੂਆਤ

ਵੱਡਾ ਚਾਲੀਸਾ

ਭੋਜਨ ਤੋਂ ਪੂਰਾ ਪਰਹੇਜ਼

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਛੇਵਾਂ ਘੰਟਾ

ਯਸਾ 1:1–20

1ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ। 2ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ। 3ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ 4ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ। 5ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀੜ੍ਹਿਤ ਹੈ। 6ਪੈਰ ਦੀ ਤਲੀ ਤੋਂ ਸਿਰ ਤੱਕ ਉਸ ਵਿੱਚ ਤੰਦਰੁਸਤੀ ਨਹੀਂ, ਸਿਰਫ਼ ਸੱਟ, ਚੋਟ ਅਤੇ ਖੁੱਲ੍ਹੇ ਜ਼ਖਮ ਹਨ, ਜਿਹੜੇ ਨਾ ਸਾਫ਼ ਕੀਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ। 7ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ। 8ਸੀਯੋਨ ਦੀ ਧੀ ਅਰਥਾਤ ਯਰੂਸ਼ਲਮ ਨਗਰੀ ਅੰਗੂਰੀ ਬਾਗ਼ ਦੇ ਛੱਪਰ ਵਾਂਗੂੰ ਛੱਡੀ ਗਈ, ਕਕੜੀਆਂ ਦੇ ਖੇਤ ਦੀ ਝੌਂਪੜੀ ਵਾਂਗੂੰ, ਜਾਂ ਘੇਰੇ ਹੋਏ ਨਗਰ ਵਾਂਗੂੰ ਇਕੱਲੀ ਖੜ੍ਹੀ ਹੈ। 9ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ। 10ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ! 11ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ। 12ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ ਕਿ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ? 13ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ। 14ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ! 15ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ। 16ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ। 17ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ। 18ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ। 19ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ। 20ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 1:1–13

1ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ। 2ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। 3ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ। 4ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ। 5ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ। 6ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ। 7ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ। 8ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ। 9ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ। 10ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 11ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ। 12ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 13ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ।

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 1:1–20

1ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ, 2ਬੁੱਧ ਅਤੇ ਸਿੱਖਿਆ ਜਾਣਨ ਲਈ ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ, 3ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ, 4ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ, 5ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ, 6ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ। 7ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ 8ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ, 9ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ। 10ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ। 11ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ, 12ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ। 13ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ! 14ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ। 15ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ, 16ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ! 17ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ। 18ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ। 19ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ। 20ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 2 ਸਿਵਲ ਕੈਲੰਡਰ ਦਾ ਮਾਰਚ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ