Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 17

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਮਾਰਚ 2027

ਬੁੱਧਵਾਰ · ਚਾਲੀਸੇ ਦਾ ਪੰਜਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਪੰਜਵੇਂ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਸੰਤ ਪੈਟ੍ਰਿਕ, ਬਿਸ਼ਪ · ਯਾਦ

ਦਿਨ ਦੇ ਪਾਠ

ਪਹਿਲਾ ਪਾਠ

ਦਾਨੀ 3:14–20, 24–25, 28

14ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ? 15ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ? 16ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ। 17ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ, 18ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ। 19ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ। 20ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ। 24ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ। 25ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ! 28ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।

ਜਵਾਬੀ ਭਜਨ

ਇਸ ਅਨੁਵਾਦ ਵਿੱਚ ਨਹੀਂ

ਇੰਜੀਲ

ਯੂਹ 8:31–42

31ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ। 32ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।” 33ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ?” 34ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ। 35ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ। 36ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ, ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਓਗੇ। 37ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ। 38ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।” 39ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ। 40ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ 41ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।” 42ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ