ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 18
ਆਰਥੋਡਾਕਸ ਕੈਲੰਡਰ · 5 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 18 ਮਾਰਚ 2027
ਵੀਰਵਾਰ · ਵੱਡੇ ਚਾਲੀਸੇ ਦਾ ਪਹਿਲਾ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Martyr Conon of Isauria (1st C)
ਵੱਡਾ ਚਾਲੀਸਾ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਛੇਵਾਂ ਘੰਟਾ
11ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ। 12ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ, 13ਨਾਲੇ ਲਬਾਨੋਨ ਦੇ ਸਾਰੇ ਦਿਆਰਾਂ ਦੇ ਵਿਰੁੱਧ, ਜਿਹੜੇ ਉੱਚੇ ਅਤੇ ਵਧੀਆ ਹਨ, ਅਤੇ ਬਾਸ਼ਾਨ ਦੇ ਸਾਰੇ ਬਲੂਤਾਂ ਦੇ ਵਿਰੁੱਧ, 14ਸਾਰੇ ਉੱਚੇ ਪਹਾੜਾਂ ਦੇ ਵਿਰੁੱਧ, ਅਤੇ ਸਾਰੇ ਉੱਚੇ ਟਿੱਬਿਆਂ ਦੇ ਵਿਰੁੱਧ, 15ਹਰੇਕ ਉੱਚੇ ਬੁਰਜ ਦੇ ਵਿਰੁੱਧ, ਅਤੇ ਹਰੇਕ ਮਜ਼ਬੂਤ ਸ਼ਹਿਰਪਨਾਹ ਦੇ ਵਿਰੁੱਧ, 16ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨਭਾਉਂਦੇ ਜਹਾਜ਼ਾਂ ਦੇ ਵਿਰੁੱਧ ਉਹ ਦਿਨ ਆਉਂਦਾ ਹੈ। 17ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ, 18ਅਤੇ ਬੁੱਤ ਪੂਰੀ ਤਰ੍ਹਾਂ ਹੀ ਮਿਟ ਜਾਣਗੇ। 19ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ। 20ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਾਦੜਾਂ ਦੇ ਅੱਗੇ ਸੁੱਟ ਦੇਣਗੇ। 21ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ।
ਸ਼ਾਮ ਦੀ ਪ੍ਰਾਰਥਨਾ: ਪਾਠ
4ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ। 5ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ। 6ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ। 7ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ। 8ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ। 9ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ। 10ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ। 11ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ 12ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ। 13ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ। 14ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ। 15ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ। 16ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ, 17ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ। 18ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ। 19ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
ਸ਼ਾਮ ਦੀ ਪ੍ਰਾਰਥਨਾ: ਪਾਠ
1ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ, 2ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ। 3ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ, 4ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ। 5ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। 6ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ। 7ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ। 8ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ। 9ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ, 10ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ। 11ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ, 12ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ। 13ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ, 14ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ। 15ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ। 16ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ। 17ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ। 18ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 5 ਸਿਵਲ ਕੈਲੰਡਰ ਦਾ ਮਾਰਚ 18 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ