ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 26
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਮਾਰਚ 2027
ਸ਼ੁੱਕਰਵਾਰ · ਪਾਸਕਾ ਦੇ ਤਿੰਨ ਦਿਨ
ਤਿਉਹਾਰ ਅਤੇ ਸੰਤ
ਪਵਿੱਤਰ ਸ਼ੁੱਕਰਵਾਰ (ਗੁੱਡ ਫ਼੍ਰਾਈਡੇ)
ਪਾਸਕਾ ਦੇ ਤਿੰਨ ਦਿਨ · ਉਪਾਸਨਾ ਦਾ ਰੰਗ: ਲਾਲ
ਵਰਤ ਅਤੇ ਤੋਬਾ
ਵਰਤ ਅਤੇ ਮਾਸ ਤੋਂ ਪਰਹੇਜ਼
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
13ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ। 14ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ! 15ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ। 53:1ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ? 2ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ। 3ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ। 4ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ। 5ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ। 6ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ। 7ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ। 8ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ, 9ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ। 10ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ। 11ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ। 12ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।
ਜਵਾਬੀ ਭਜਨ
ਜ਼ਬੂ 31:1, 5, 11–12, 14–16, 24
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ, ਆਪਣੇ ਧਰਮ ਨਾਲ ਮੈਨੂੰ ਛੁਡਾ! 5ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ! 11ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ। 12ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ, ਅਤੇ ਟੁੱਟੇ ਹੋਏ ਭਾਂਡੇ ਵਰਗਾ ਹਾਂ। 14ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ। 15ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ। 16ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ! 24ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!
ਦੂਜਾ ਪਾਠ
14ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ। 15ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ। 16ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ। 5:7ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ। 8ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ। 9ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।
ਇੰਜੀਲ
1ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ। 2ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ। 3ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ। 4ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?” 5ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ। 6ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ। 7ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ?” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।” 8ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।” 9ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।” 10ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ) 11ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?” 12ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ। 13ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫ਼ਾ ਪ੍ਰਧਾਨ ਜਾਜਕ ਸੀ। 14ਓਹ ਕਯਾਫ਼ਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ। 15ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ। 16ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ। 17ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ।” 18ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ। 19ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ। 20ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ। 21ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ।” 22ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।” 23ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ?” 24ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ। 25ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।” 26ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।” 27ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ। 28ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ। 29ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?” 30ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।” 31ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।” 32ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ। 33ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” 34ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?” 35ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?” 36ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।” 37ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।” 38ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ। 39ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?” 40ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ। 19:1ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ। 2ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ। 3ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ। 4ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।” 5ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।” 6ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।” 7ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।” 8ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ। 9ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ। 10ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?” 11ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।” 12ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।” 13ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ। 14ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।” 15ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।” 16ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ। 17ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ। 18ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ। 19ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।” 20ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ। 21ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’” 22ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।” 23ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ। 24ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।” ਤਦ ਸਿਪਾਹੀ ਨੇ ਇਹ ਕੀਤਾ। 25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। 26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” 27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ। 28ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।” 29ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਜ਼ੂਫੇ ਨੂੰ ਗਿੱਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ। 30ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ। 31ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ। 32ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ। 33ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ। 34ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ। 35(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ) 36ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।” 37ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।” 38ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ। 39ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ। 40ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ। 41ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ਼ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ। 42ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ