ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 30
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਮਾਰਚ 2027
ਮੰਗਲਵਾਰ · ਪਾਸਕਾ ਦਾ ਅੱਠਵਾਰਾ
ਤਿਉਹਾਰ ਅਤੇ ਸੰਤ
ਪਾਸਕਾ ਦੇ ਅੱਠਵਾਰੇ ਦਾ ਮੰਗਲਵਾਰ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
36ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ। 37ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ? 38ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ। 39ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ। 40ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ। 41ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।
ਜਵਾਬੀ ਭਜਨ
4ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ। 5ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ। 18ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, 19ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ। 20ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ। 22ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।
ਇੰਜੀਲ
11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ। 12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ। 13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।” 14ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ। 15ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।” 16ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।” 17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।” 18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ