ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 1
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 1 ਅਪ੍ਰੈਲ 2027
ਵੀਰਵਾਰ · ਪਾਸਕਾ ਦਾ ਅੱਠਵਾਰਾ
ਤਿਉਹਾਰ ਅਤੇ ਸੰਤ
ਪਾਸਕਾ ਦੇ ਅੱਠਵਾਰੇ ਦਾ ਵੀਰਵਾਰ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
11ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,। 12ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ? 13ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ। 14ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ। 15ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ। 16ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ। 17ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ। 18ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ। 19ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ। 20ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ। 21ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ। 22ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ। 23ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ। 24ਅਤੇ ਸਾਰੇ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ। 25ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ। 26ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ। 4ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? 5ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! 6ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ, 7ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ, 8ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।
ਇੰਜੀਲ
35ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ। 36ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ। 37ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ। 38ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ? 39ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ। 40ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ। 41ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ? 42ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ। 43ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ। 44ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ। 45ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ। 46ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ। 47ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ। 48ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ