ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 4
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 4 ਅਪ੍ਰੈਲ 2027
ਐਤਵਾਰ · ਪਾਸਕਾ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦਾ ਦੂਜਾ ਐਤਵਾਰ (ਪਰਮੇਸ਼ੁਰ ਦੀ ਦਯਾ ਦਾ ਐਤਵਾਰ)
ਐਤਵਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
32ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ। 33ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ। 34ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ। 35ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।
ਜਵਾਬੀ ਭਜਨ
2ਇਸਰਾਏਲ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ। 3ਹਾਰੂਨ ਦਾ ਘਰਾਣਾ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ। 4ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ! 16ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ। 17ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ। 18ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ। 22ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। 23ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ। 24ਇਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!
ਦੂਜਾ ਪਾਠ
1ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। 2ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। 3ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। 4ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। 5ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ? 6ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ।
ਇੰਜੀਲ
19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ। 21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।” 22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ। 23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।” 24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।” 26ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 27ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” 28ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।” 29ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।” 30ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। 31ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
ਅੱਜ ਦੇ ਸੰਤ
- ਸੰਤ ਇਸੀਡੋਰ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ