Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 5

ਆਰਥੋਡਾਕਸ ਕੈਲੰਡਰ · 22 ਅਪ੍ਰੈਲ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 5 ਮਈ 2027

ਬੁੱਧਵਾਰ · ਉੱਜਲ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

ਉੱਜਲ ਹਫ਼ਤੇ ਦਾ ਬੁੱਧਵਾਰ

ਵਰਤ ਤੋਂ ਬਿਨਾਂ ਹਫ਼ਤਾ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 2:22–36

22ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ। 23ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ। 24ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ। 25ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ। 26ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ, 27ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ। 28ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ। 29ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ। 30ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ। 31ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ। 32ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ। 33ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ। 34ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, 35ਜਦੋਂ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।” 36ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।

ਇੰਜੀਲ

ਯੂਹ 1:35–51

35ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ। 36ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।” 37ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ। 38ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ?” 39ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ। 40ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ। 41ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ” 42ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”। 43ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।” 44ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ। 45ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।” 46ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ” 47ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।” 48ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।” 49ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।” 50ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!” 51ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 22 ਸਿਵਲ ਕੈਲੰਡਰ ਦਾ ਮਈ 5 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ