Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 13

ਆਰਥੋਡਾਕਸ ਕੈਲੰਡਰ · 30 ਅਪ੍ਰੈਲ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 13 ਮਈ 2027

ਵੀਰਵਾਰ · ਪਾਸਕਾ ਦਾ ਦੂਜਾ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Holy Apostle James Zebedee, brother of John the Theologian († 44)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਯਾਕੂਬ ਲਈ)

ਯਾਕੂ 1:1–12

1ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ। 2ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। 3ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। 4ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ। 5ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ। 6ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ। 7ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ। 8ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ। 9ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ, 10ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ। 11ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ। 12ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਯਾਕੂਬ ਲਈ)

ਯਾਕੂ 1:13–27

13ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ। 14ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ। 15ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ। 16ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ। 17ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ। 18ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ। 19ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ। 20ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ। 21ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ। 22ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ। 23ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ। 24ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ। 25ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ। 26ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ। 27ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।

ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਯਾਕੂਬ ਲਈ)

ਯਾਕੂ 2:1–13

1ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ। 2ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,। 3ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ। 4ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ? 5ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ? 6ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ? 7ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ? 8ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ। 9ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ। 10ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ। 11ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੋ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ। 12ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ। 13ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।

ਸਵੇਰ ਦੀ ਪ੍ਰਾਰਥਨਾ: ਇੰਜੀਲ

ਯੂਹ 21:15–25

15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” 16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” 17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ। 18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” 20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।

ਪੱਤ੍ਰੀ

ਰਸੂਲਾਂ 4:23–31

23ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ। 24ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ। 25ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?” 26ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,। 27ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ। 28ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ। 29ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ। 30ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ। 31ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।

ਪੱਤ੍ਰੀ (ਸੰਤ ਯਾਕੂਬ ਲਈ)

ਰਸੂਲਾਂ 12:1–11

1ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ। 2ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ। 3ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ। 4ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ। 5ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ। 6ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ। 7ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ। 8ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ। 9ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ। 10ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ। 11ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!

ਇੰਜੀਲ

ਯੂਹ 5:24–30

24ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। 25ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। 26ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। 27ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। 28ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। 29ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।” 30“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।

ਇੰਜੀਲ (ਸੰਤ ਯਾਕੂਬ ਲਈ)

ਲੂਕਾ 5:1–11

1ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ। 2ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ। 3ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ। 4ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ। 5ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ। 6ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ। 7ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ। 8ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ। 9ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ। 10ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ। 11ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਮਗਰ ਹੋ ਤੁਰੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 30 ਸਿਵਲ ਕੈਲੰਡਰ ਦਾ ਮਈ 13 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ