ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 21
ਆਰਥੋਡਾਕਸ ਕੈਲੰਡਰ · 8 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 21 ਮਈ 2027
ਸ਼ੁੱਕਰਵਾਰ · ਪਾਸਕਾ ਦਾ ਤੀਜਾ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Holy Apostle and Evangelist John the Theologian († 98-117)
ਵਰਤ ਦਾ ਦਿਨ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
21ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ। 22ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ। 23ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ। 24ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ। 4:1ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ। 2ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ। 3ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ। 4ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ। 5ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ। 6ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।
ਸ਼ਾਮ ਦੀ ਪ੍ਰਾਰਥਨਾ: ਪਾਠ
11ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। 12ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ। 13ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ। 14ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ। 15ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ। 16ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
20ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ। 21ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ। 5:1ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। 2ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। 3ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। 4ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। 5ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?
ਸਵੇਰ ਦੀ ਪ੍ਰਾਰਥਨਾ: ਇੰਜੀਲ
15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” 16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” 17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ। 18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” 20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।
ਪੱਤ੍ਰੀ
40ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ। 9:1ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ। 2ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ। 3ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸ਼ਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ, 4ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? 5ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ। 6ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ। 7ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ। 8ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਲਿਆਏ। 9ਅਤੇ ਉਹ ਤਿੰਨ ਦਿਨ ਤੱਕ ਕੁਝ ਵੇਖ ਨਾ ਸਕਿਆ ਅਤੇ ਨਾ ਕੁਝ ਖਾਧਾ ਨਾ ਪੀਤਾ। 10ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ। 11ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ। 12ਅਤੇ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ। 13ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ! 14ਅਤੇ ਉਸ ਨੇ ਮੁੱਖ ਜਾਜਕਾਂ ਦੀ ਵੱਲੋਂ ਇਸ ਗੱਲ ਦਾ ਅਧਿਕਾਰ ਪਾਇਆ ਹੈ ਕਿ ਇੱਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਸਤਾਵੇ। 15ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ। 16ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ। 17ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ। 18ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ। 19ਫੇਰ ਉਹ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।
ਪੱਤ੍ਰੀ (ਸੰਤ ਯੂਹੰਨਾ ਲਈ)
1ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ, 2ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। 3ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ। 4ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ। 5ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ। 6ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। 7ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
ਇੰਜੀਲ
48ਮੈਂ ਹੀ ਜਿੰਦਗੀ ਦੀ ਰੋਟੀ ਹਾਂ। 49ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ। 50ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ। 51ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।” 52ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?” 53ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ। 54ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ।
ਇੰਜੀਲ (ਸੰਤ ਯੂਹੰਨਾ ਲਈ)
25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। 26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” 27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ। 21:24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 8 ਸਿਵਲ ਕੈਲੰਡਰ ਦਾ ਮਈ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ