ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 23
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਮਈ 2027
ਐਤਵਾਰ · ਆਮ ਸਮੇਂ ਦਾ ਅੱਠਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਅੱਤ ਪਵਿੱਤਰ ਤ੍ਰਿਏਕ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
32ਜਦੋਂ ਤੋਂ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ, ਉਸ ਸਮੇਂ ਤੋਂ ਲੈ ਕੇ ਆਪਣੇ ਪੈਦਾ ਹੋਣ ਦੇ ਦਿਨ ਤੱਕ ਦੀਆਂ ਗੱਲਾਂ ਪੁੱਛੋ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਦੀਆਂ ਗੱਲਾਂ ਪੁੱਛੋ, ਕੀ ਕਦੀ ਅਜਿਹੀ ਵੱਡੀ ਗੱਲ ਕਦੀ ਹੋਈ ਜਾਂ ਕਦੀ ਸੁਣੀ ਗਈ ਹੈ? 33ਕੀ ਕਦੀ ਕਿਸੇ ਪਰਜਾ ਨੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੀ ਹੋਈ ਸੁਣੀ ਅਤੇ ਜੀਉਂਦੀ ਰਹੀ, ਜਿਵੇਂ ਤੁਸੀਂ ਸੁਣੀ ਹੈ? 34ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ਼ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ? 39ਇਸ ਲਈ ਅੱਜ ਜਾਣ ਲਓ ਅਤੇ ਆਪਣੇ ਦਿਲਾਂ ਵਿੱਚ ਰੱਖੋ ਕਿ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਯਹੋਵਾਹ ਹੀ ਪਰਮੇਸ਼ੁਰ ਹੈ, ਹੋਰ ਕੋਈ ਹੈ ਹੀ ਨਹੀਂ। 40ਤੁਸੀਂ ਉਸ ਦੀਆਂ ਬਿਧੀਆਂ ਅਤੇ ਹੁਕਮਾਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਜੋ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਪਰਮੇਸ਼ੁਰ ਤੁਹਾਨੂੰ ਸਦਾ ਲਈ ਦਿੰਦਾ ਹੈ, ਉਸ ਵਿੱਚ ਤੁਹਾਡੀ ਉਮਰ ਲੰਮੀ ਹੋਵੇ।
ਜਵਾਬੀ ਭਜਨ
4ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ। 5ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ। 6ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ 9ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ। 18ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, 19ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ। 20ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ। 22ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।
ਦੂਜਾ ਪਾਠ
14ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ। 15ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ। 16ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ। 17ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
ਇੰਜੀਲ
16ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ। 17ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ। 18ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। 19ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। 20ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ