ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 30
ਆਰਥੋਡਾਕਸ ਕੈਲੰਡਰ · 17 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 30 ਮਈ 2027
ਐਤਵਾਰ · ਸੁਰ 4
ਤਿਉਹਾਰ ਅਤੇ ਸੰਤ
ਪਾਸਕਾ ਦਾ ਪੰਜਵਾਂ ਐਤਵਾਰ
ਸਾਮਰੀ ਔਰਤ ਦਾ ਐਤਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਸੱਤਵੀਂ ਇੰਜੀਲ
1ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ। 2ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?” 3ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ। 4ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ। 5ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ। 6ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ। 7ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ। 8ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ। 9ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ। 10ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
ਪੱਤ੍ਰੀ
19ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ। 20ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ। 21ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ। 22ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ। 23ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ। 24ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ। 25ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ। 26ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ। 29ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁਝ ਭੇਜਣ ਦਾ ਹੌਂਸਲਾ ਕੀਤਾ। 30ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁਝ ਭੇਜਿਆ।
ਇੰਜੀਲ
5ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ। 6ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ। 7ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ।” 8ਪਰ ਉਦੋਂ ਯਿਸੂ ਦੇ ਚੇਲੇ ਨਗਰ ਅੰਦਰ ਭੋਜਨ ਖਰੀਦਣ ਗਏ ਹੋਏ ਸਨ। 9ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ। 10ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।” 11ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ। 12ਕੀ ਤੁਸੀਂ ਸਾਡੇ ਪਿਤਾ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸ ਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।” 13ਯਿਸੂ ਨੇ ਜ਼ਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ। 14ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।” 15ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿੱਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।” 16ਯਿਸੂ ਨੇ ਉਸ ਨੂੰ ਆਖਿਆ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।” 17ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ। 18ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।” 19ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ। 20ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।” 21ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। 22ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ। 23ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ। 24ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।” 25ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।” 26ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।” 27ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?” 28ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ। 29“ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?” 30ਤਦ ਉਹ ਯਿਸੂ ਨੂੰ ਵੇਖਣ ਗਏ। 31ਇੰਨ੍ਹੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ ਜੀ, ਭੋਜਨ ਖਾ ਲਓ।” 32ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।” 33ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?” 34ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ। 35ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ। 36ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ। 37ਇਹ ਕਹਾਵਤ ਸੱਚੀ ਹੈ, ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ। 38ਮੈਂ ਤੁਹਾਨੂੰ ਇਸ ਫ਼ਸਲ ਦਾ ਫਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।” 39ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।” 40ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ। 41ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ। 42ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।”
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 17 ਸਿਵਲ ਕੈਲੰਡਰ ਦਾ ਮਈ 30 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ