Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 6

ਆਰਥੋਡਾਕਸ ਕੈਲੰਡਰ · 24 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 6 ਜੂਨ 2027

ਐਤਵਾਰ · ਸੁਰ 5

ਤਿਉਹਾਰ ਅਤੇ ਸੰਤ

ਪਾਸਕਾ ਦਾ ਛੇਵਾਂ ਐਤਵਾਰ

ਅੰਨ੍ਹੇ ਮਨੁੱਖ ਦਾ ਐਤਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸਵੇਰ ਦੀ ਪ੍ਰਾਰਥਨਾ ਦੀ ਅੱਠਵੀਂ ਇੰਜੀਲ

ਯੂਹ 20:11–18

11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ। 12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ। 13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।” 14ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ। 15ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।” 16ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।” 17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।” 18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।

ਪੱਤ੍ਰੀ

ਰਸੂਲਾਂ 16:16–34

16ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ। 17ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ। 18ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ। 19ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ। 20ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ। 21ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ। 22ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ। 23ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ! 24ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ। 25ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ। 26ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ। 27ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ। 28ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ! 29ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ। 30ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ? 31ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ। 32ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ। 33ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ। 34ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।

ਇੰਜੀਲ

ਯੂਹ 9:1–38

1ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ। 2ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?” 3ਯਿਸੂ ਨੇ ਉੱਤਰ ਦਿੱਤਾ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ। 4ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ। 5ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।” 6ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ। 7ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ। 8ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।” 9ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ।” 10ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?” 11ਉਸ ਨੇ ਉੱਤਰ ਦਿੱਤਾ, “ਯਿਸੂ ਨਾਮੇ ਮਨੁੱਖ ਨੇ ਕੁਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ। ਉਸ ਨੇ ਮੈਨੂੰ ਸਿਲੋਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ। ਜਦ ਮੈਂ ਸਿਲੋਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ।” 12ਲੋਕਾਂ ਨੇ ਉਸ ਨੂੰ ਆਖਿਆ, “ਉਹ ਕਿੱਥੇ ਹੈ?” ਉਸ ਨੇ ਉੱਤਰ ਦਿੱਤਾ, “ਮੈਂ ਨਹੀਂ ਜਾਣਦਾ।” 13ਜਦੋਂ ਲੋਕ ਉਸ ਮਨੁੱਖ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ। 14ਜਿਸ ਦਿਨ ਯਿਸੂ ਨੇ ਮਿੱਟੀ ਗਿਲੀ ਕੀਤੀ ਉਸ ਮਨੁੱਖ ਦੀਆਂ ਅੱਖਾਂ ਖੋਲੀਆਂ ਤੇ ਓਹ ਦਿਨ ਸਬਤ ਦਾ ਸੀ।” 15ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀਆਂ ਅੱਖਾਂ ਕਿਵੇਂ ਮਿਲੀਆਂ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਤੇ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।” 16ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ। 17ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ।” 18ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਮਨੁੱਖ ਅੰਨ੍ਹਾ ਸੀ ਅਤੇ ਚੰਗਾ ਕੀਤਾ ਗਿਆ ਹੈ। 19ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜੰਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?” 20ਉਸ ਦੇ ਮਾਪਿਆਂ ਨੇ ਉੱਤਰ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜੰਮਿਆ ਸੀ ਤਾਂ ਅੰਨ੍ਹਾ ਸੀ। 21ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸ ਦੀਆਂ ਅੱਖਾਂ ਕਿਸ ਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਉੱਤਰ ਦੇ ਸਕਦਾ ਹੈ।” 22ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ। 23ਇਸੇ ਲਈ ਉਸ ਦੇ ਮਾਪਿਆਂ ਨੇ ਕਿਹਾ, “ਉਹ ਬਹੁਤ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।” 24ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।” 25ਉਸ ਮਨੁੱਖ ਨੇ ਕਿਹਾ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗੱਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖਦਾ ਹਾਂ।” 26ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਕਿਵੇਂ ਤੇਰੀਆਂ ਅੱਖਾਂ ਠੀਕ ਕੀਤੀਆਂ?” 27ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?” 28ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ। 29ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।” 30ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ। 31ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ। 32ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ। 33ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।” 34ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ। 35ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?” 36ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।” 37ਮਨੁੱਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।” 38ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।”

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 24 ਸਿਵਲ ਕੈਲੰਡਰ ਦਾ ਜੂਨ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ