Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 19

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਜੂਨ 2027

ਸ਼ਨੀਵਾਰ · ਆਮ ਸਮੇਂ ਦਾ 11ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 11ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਰੋਮੁਆਲਡ, ਮੱਠ-ਮੁਖੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

2 ਕੁਰਿੰਥੀ 12:1–10

1ਮੈਂ ਤਾਂ ਮਾਣ ਕਰਨਾ ਹੀ ਹੈ ਭਾਵੇਂ ਮੇਰੇ ਲਈ ਠੀਕ ਨਹੀਂ ਪਰ ਮੈਂ ਹੁਣ ਪ੍ਰਭੂ ਦੇ ਦਰਸ਼ਣਾਂ ਅਤੇ ਪ੍ਰਕਾਸ਼ਣ ਦੇ ਬਚਨਾਂ ਦੀ ਚਰਚਾ ਕਰਨ ਆਇਆ ਹਾਂ। 2ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਉੱਤੇ ਅਚਾਨਕ ਚੁੱਕਿਆ ਗਿਆ। ਮੈਂ ਨਹੀਂ ਜਾਣਦਾ ਕੀ ਉਹ ਸਰੀਰ ਸਹਿਤ ਜਾਂ ਸਰੀਰ ਰਹਿਤ ਚੁੱਕਿਆ ਗਿਆ ਪਰ ਪਰਮੇਸ਼ੁਰ ਜਾਣਦਾ ਹੈ। 3ਅਤੇ ਮੈਂ ਅਜਿਹੇ ਮਨੁੱਖ ਨੂੰ ਜਾਣਦਾ ਹਾਂ ਜੋ ਉਹ ਸਰੀਰ ਦੇ ਨਾਲ ਜਾਂ ਸਰੀਰ ਤੋਂ ਵੱਖਰਾ ਮੈਂ ਨਹੀਂ ਜਾਣਦਾ, ਪਰਮੇਸ਼ੁਰ ਜਾਣਦਾ ਹੈ! 4ਉਹ ਸਵਰਗ ਉੱਤੇ ਅਚਾਨਕ ਚੁੱਕਿਆ ਗਿਆ ਅਤੇ ਉਸ ਨੇ ਉਹ ਗੱਲਾਂ ਸੁਣੀਆਂ ਜੋ ਆਖਣ ਵਾਲੀਆਂ ਨਹੀਂ ਅਤੇ ਜਿਨ੍ਹਾਂ ਦਾ ਬੋਲਣਾ ਮਨੁੱਖ ਲਈ ਚੰਗਾ ਨਹੀਂ। 5ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਉੱਤੇ ਮਾਣ ਨਹੀਂ ਕਰਾਂਗਾ। 6ਕਿਉਂਕਿ ਜੇ ਮੈਂ ਮਾਣ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਜਾਂ ਮੇਰੇ ਕੋਲੋਂ ਸੁਣਦਾ ਹੈ। 7ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ। 8ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ। 9ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। 10ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।

ਜਵਾਬੀ ਭਜਨ

ਜ਼ਬੂ 34:7–12

7ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ। 8ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ। 9ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ। 10ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ। 11ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ। 12ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?

ਇੰਜੀਲ

ਮੱਤੀ 6:24–34

24ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ। 25ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ? 26ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ? 27ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ? 28ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ। 29ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ। 30ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ? 31ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ? 32ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ। 33ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ। 34ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ