Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 24

ਆਰਥੋਡਾਕਸ ਕੈਲੰਡਰ · 11 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 24 ਜੂਨ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ ਪਹਿਲਾ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Holy Apostles Bartholomew and Barnabas (1st C)

ਵਰਤ ਤੋਂ ਬਿਨਾਂ ਹਫ਼ਤਾ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

1 ਪਤ 1:3–9

3ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ। 4ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ। 5ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ 6ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ। 7ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ। 8ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ। 9ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ।

ਸ਼ਾਮ ਦੀ ਪ੍ਰਾਰਥਨਾ: ਪਾਠ

1 ਪਤ 1:13–19

13ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ। 14ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ। 15ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ। 16ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।” 17ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ। 18ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ। 19ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।

ਸ਼ਾਮ ਦੀ ਪ੍ਰਾਰਥਨਾ: ਪਾਠ

1 ਪਤ 2:11–24

11ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ। 12ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ। 13ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ 14ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ। 15ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ। 16ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ। 17ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ। 18ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ। 19ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ। 20ਪਰ ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ? ਪਰ ਜੇ ਤੁਸੀਂ ਸ਼ੁਭ ਕੰਮਾਂ ਦੇ ਕਾਰਨ ਦੁੱਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪ੍ਰਵਾਨ ਹੈ। 21ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ। 22ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ। 23ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ। 24ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ।

ਸਵੇਰ ਦੀ ਪ੍ਰਾਰਥਨਾ: ਇੰਜੀਲ

ਯੂਹ 21:15–25

15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” 16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” 17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ। 18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” 20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।

ਪੱਤ੍ਰੀ

ਰੋਮ 1:28–2:9

28ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ। 29ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ 30ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ। 31ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ। 32ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ। 2:1ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ। 2ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ। 3ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ? 4ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ। 5ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ। 6ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ। 7ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ। 8ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ। 9ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।

ਪੱਤ੍ਰੀ (ਰਸੂਲਾਂ ਲਈ)

ਰਸੂਲਾਂ 11:19–26, 29–30

19ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ। 20ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ। 21ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ। 22ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ। 23ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ। 24ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ। 25ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ। 26ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ। 29ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁਝ ਭੇਜਣ ਦਾ ਹੌਂਸਲਾ ਕੀਤਾ। 30ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁਝ ਭੇਜਿਆ।

ਇੰਜੀਲ

ਮੱਤੀ 5:27–32

27ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ। 28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ। 29ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। 30ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। 31ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ। 32ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।

ਇੰਜੀਲ (ਰਸੂਲਾਂ ਲਈ)

ਲੂਕਾ 10:16–21

16ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ। 17ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ! 18ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ। 19ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ। 20ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। 21ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 11 ਸਿਵਲ ਕੈਲੰਡਰ ਦਾ ਜੂਨ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ