ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 13
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਜੁਲਾਈ 2027
ਮੰਗਲਵਾਰ · ਆਮ ਸਮੇਂ ਦਾ 15ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 15ਵੇਂ ਹਫ਼ਤੇ ਦਾ ਮੰਗਲਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਹੈਨਰੀ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਲੇਵੀ ਦੇ ਘਰਾਣੇ ਦੇ ਇੱਕ ਮਨੁੱਖ ਨੇ ਲੇਵੀ ਦੀ ਧੀ ਨਾਲ ਵਿਆਹ ਕਰ ਲਿਆ 2ਉਹ ਔਰਤ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾ ਕੇ ਰੱਖਿਆ ਕਿਉਂਕਿ ਉਹ ਵੇਖਣ ਵਿੱਚ ਬਹੁਤ ਸੋਹਣਾ ਸੀ। 3ਜਦ ਉਹ ਉਸ ਨੂੰ ਹੋਰ ਲੁਕਾ ਨਾ ਸਕੀ ਤਦ ਉਸ ਨੇ ਕਾਨਿਆਂ ਦੀ ਇੱਕ ਟੋਕਰੀ ਬਣਾ ਕੇ ਉਸ ਨੂੰ ਰਾਲ ਮਿੱਟੀ ਨਾਲ ਲਿੱਪਿਆ ਅਤੇ ਉਸ ਵਿੱਚ ਬੱਚੇ ਨੂੰ ਰੱਖ ਦਿੱਤਾ ਅਤੇ ਨੀਲ ਨਦੀ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ। 4ਉਸ ਦੀ ਭੈਣ ਦੂਰ ਖੜ੍ਹੀ ਇਹ ਦੇਖ ਰਹੀ ਸੀ ਕਿ ਉਸ ਨਾਲ ਕੀ ਬੀਤ ਰਹੀ ਹੈ। 5ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ। 6ਜਦ ਉਸ ਨੇ ਉਸ ਨੂੰ ਖੋਲ੍ਹਿਆ ਤਦ ਉਸ ਨੇ ਬੱਚੇ ਨੂੰ ਵੇਖਿਆ ਅਤੇ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਬੱਚੇ ਉੱਤੇ ਤਰਸ ਆਇਆ, ਉਸ ਨੇ ਆਖਿਆ ਕਿ ਇਹ ਇਬਰਾਨੀਆਂ ਦੇ ਬੱਚਿਆਂ ਵਿੱਚੋਂ ਹੈ। 7ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?” 8ਤਦ ਫ਼ਿਰਊਨ ਦੀ ਧੀ ਨੇ ਆਖਿਆ, “ਜਾ।” ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ। 9ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ। 10ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ। 11ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ। 12ਉਸ ਨੇ ਇੱਧਰ-ਉੱਧਰ ਵੇਖਿਆ ਅਤੇ ਜਦ ਵੇਖਿਆ ਕਿ ਕੋਈ ਨਹੀਂ ਹੈ ਤਦ ਉਸ ਨੇ ਉਸ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤ ਵਿੱਚ ਲੁਕਾ ਦਿੱਤਾ। 13ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ? 14ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ। 15ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।
ਜਵਾਬੀ ਭਜਨ
2ਮੈਂ ਡਾਢੇ ਚਿੱਕੜ ਵਿੱਚ ਧੱਸ ਚੱਲਿਆ ਹਾਂ, ਜਿੱਥੇ ਖਲੋਤਾ ਨਹੀਂ ਜਾਂਦਾ, ਮੈਂ ਡੂੰਘੇ ਪਾਣੀ ਵਿੱਚ ਪੈ ਗਿਆ, ਜਿੱਥੇ ਹੜ੍ਹ ਮੇਰੇ ਉੱਤੋਂ ਦੀ ਲੰਘਦਾ ਜਾਂਦਾ ਹੈ। 13ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ। 29ਪਰ ਮੈਂ ਅਧੀਨ ਅਤੇ ਦੁਖੀ ਹਾਂ, ਹੇ ਪਰਮੇਸ਼ੁਰ, ਤੇਰਾ ਬਚਾਓ ਮੈਨੂੰ ਉੱਚਾ ਕਰ ਕੇ ਖਲ੍ਹਿਆਰੇ। 30ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ, ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ, 32ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ! 33ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ।
ਇੰਜੀਲ
20ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ। 21ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ! 22ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ। 23ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ। 24ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।
ਅੱਜ ਦੇ ਸੰਤ
- ਸੰਤ ਹੈਨਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ