ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 22
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਅਗਸਤ 2027
ਐਤਵਾਰ · ਆਮ ਸਮੇਂ ਦਾ 21ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 21ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
1ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਿਆਂ ਕੀਤਾ ਅਤੇ ਇਸਰਾਏਲ ਦੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ। 2ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖ਼ਾਸ ਕਰਕੇ ਤਾਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ। 15ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ। 16ਤਦ ਪਰਜਾ ਨੇ ਉੱਤਰ ਦਿੱਤਾ ਕਿ ਇਹ ਸਾਡੇ ਤੋਂ ਦੂਰ ਰਹੇ ਜੋ ਅਸੀਂ ਯਹੋਵਾਹ ਨੂੰ ਛੱਡ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੀਏ! 17ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ। 18ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।
ਜਵਾਬੀ ਭਜਨ
1ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ। 2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ। 15ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ। 16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ। 17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ। 18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ। 19ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ। 20ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ। 21ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ। 22ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।
ਦੂਜਾ ਪਾਠ
21ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ। 22ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। 23ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ। 24ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ। 25ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ। 26ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। 27ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ। 28ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। 29ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ। 30ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ। 31ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। 32ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ।
ਇੰਜੀਲ
60ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?” 61ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ? 62ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ? 63ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ। 64ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ। 65ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।” 66ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ। 67ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?” 68ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ। 69ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ