ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 22
ਆਰਥੋਡਾਕਸ ਕੈਲੰਡਰ · 9 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 22 ਅਗਸਤ 2027
ਐਤਵਾਰ · ਸੁਰ 8
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ 9ਵਾਂ ਐਤਵਾਰ
ਮਰਿਯਮ ਦੇ ਦੇਹਾਂਤ ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ 9ਵੀਂ ਇੰਜੀਲ
19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ। 21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।” 22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ। 23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।” 24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।” 26ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 27ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” 28ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।” 29ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।” 30ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। 31ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
ਪੱਤ੍ਰੀ
9ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ। 10ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ। 11ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ। 12ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ। 13ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ। 14ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਇਨਾਮ ਮਿਲੇਗਾ। 15ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ। 16ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ? 17ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।
ਇੰਜੀਲ
22ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ। 23ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ। 24ਪਰ ਉਸ ਵੇਲੇ ਬੇੜੀ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਚੱਲ ਰਹੀ ਸੀ। 25ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ। 26ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ। 27ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ। 28ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ। 29ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ। 30ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ! 31ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ? 32ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹ ਗਏ ਤਾਂ ਹਵਾ ਰੁਕ ਗਈ। 33ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ। 34ਉਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 9 ਸਿਵਲ ਕੈਲੰਡਰ ਦਾ ਅਗਸਤ 22 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ