Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 9

ਆਰਥੋਡਾਕਸ ਕੈਲੰਡਰ · 26 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 9 ਅਕਤੂਬਰ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 16ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Repose of the Holy Apostle and Evangelist John the Theologian († 98-117)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

1 ਯੂਹ 3:21–4:6

21ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ। 22ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ। 23ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ। 24ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ। 4:1ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ। 2ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ। 3ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ। 4ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ। 5ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ। 6ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।

ਸ਼ਾਮ ਦੀ ਪ੍ਰਾਰਥਨਾ: ਪਾਠ

1 ਯੂਹ 4:11–16

11ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। 12ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ। 13ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ। 14ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ। 15ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ। 16ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

1 ਯੂਹ 4:20–5:5

20ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ। 21ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ। 5:1ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। 2ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। 3ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। 4ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। 5ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?

ਸਵੇਰ ਦੀ ਪ੍ਰਾਰਥਨਾ: ਇੰਜੀਲ

ਯੂਹ 21:15–25

15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” 16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” 17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ। 18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” 20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।

ਪੱਤ੍ਰੀ (ਸੰਤ ਯੂਹੰਨਾ ਲਈ)

1 ਯੂਹ 4:12–19

12ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ। 13ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ। 14ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ। 15ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ। 16ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ। 17ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ। 18ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ। 19ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।

ਇੰਜੀਲ (ਸੰਤ ਯੂਹੰਨਾ ਲਈ)

ਯੂਹ 19:25–27; 21:24–25

25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। 26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” 27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ। 21:24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 26 ਸਿਵਲ ਕੈਲੰਡਰ ਦਾ ਅਕਤੂਬਰ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ