Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 26

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਦਸੰਬਰ 2027

ਐਤਵਾਰ · ਕ੍ਰਿਸਮਸ ਸਮਾਂ

ਤਿਉਹਾਰ ਅਤੇ ਸੰਤ

ਪਵਿੱਤਰ ਪਰਿਵਾਰ: ਯਿਸੂ, ਮਰਿਯਮ ਅਤੇ ਯੂਸੁਫ਼

ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

1 ਸਮੂ 1:20–22, 24–28

20ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ। 21ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਨਾਲ ਉਸ ਸਾਲ ਦੀ ਭੇਟ ਅਤੇ ਸੁੱਖਣਾ ਯਹੋਵਾਹ ਅੱਗੇ ਚੜਾਉਣ ਨੂੰ ਗਿਆ। 22ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਂਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ। 24ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ। 25ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ 26ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ 27ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ 28ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।

ਜਵਾਬੀ ਭਜਨ

ਜ਼ਬੂ 84:1–2, 4–5, 8–9

1ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ। ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ! 2ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ! 4ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ। 5ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ! 8ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ! ਸਲਹ। 9ਹੇ ਸਾਡੀ ਢਾਲ਼, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁੱਖੜੇ ਵੱਲ ਧਿਆਨ ਕਰ!

ਦੂਜਾ ਪਾਠ

1 ਯੂਹ 3:1–2, 21–24

1ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ। 2ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ। 21ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ। 22ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ। 23ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ। 24ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ।

ਇੰਜੀਲ

ਲੂਕਾ 2:41–52

41ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ। 42ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ। 43ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ। 44ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ। 45ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ। 46ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ। 47ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ। 48ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ। 49ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ? 50ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ। 51ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ। 52ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ